– ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ 15 ਅਗਸਤ ਨੂੰ ਲਹਿਰਾਉਣਗੇ ਕੌਮੀ ਝੰਡਾ…
– ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆਂ ਨੂੰ ਸਮਾਰੋਹ ਵਿੱਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ…
ਬੀਐਨਐਨ, (ਕਪੂਰਥਲਾ) : 72ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਾਤਾਵਰਨ ਅਤੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਟੇਡੀਅਮ ਵਿਖੇ ਕੀਤੀ ਗਈ ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਸ਼੍ਰੀ ਮੁਹੰਮਦ ਤਇਅਬ ਨੇ ਕੀਤਾ। ਇਸ ਮੌਕੇ ਐਸ. ਐਸ. ਪੀ ਕਪੂਰਥਲਾ ਸ਼੍ਰੀ ਸਤਿੰਦਰ ਸਿੰਘ ਵੀ ਉਨਾਂ ਦੇ ਨਾਲ ਸਨ। ਇਸ ਮੌਕੇ ਪਰੇਡ ਕਮਾਂਡਰ ਡੀ. ਐਸ. ਪੀ. ਸ. ਸੰਦੀਪ ਸਿੰਘ ਮੰਡ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਮੁਹੰਮਦ ਤਇਅਬ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ, ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਇਸ ਮਗਰੋਂ ਉਨਾਂ ਜ਼ਿਲਾ ਅਧਿਕਾਰੀਆਂ ਨਾਲ ਇਕ ਰਿਵੀਊ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ।
ਐਸ. ਐਸ. ਪੀ. ਕਪੂਰਥਲਾ ਸ਼੍ਰੀ ਸਤਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਹੁਲ ਚਾਬਾ, ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।